Music

ਸੁਖਬੀਰ ਮੁੜ ਅਕਾਲੀ ਦਲ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 3 ਸਤੰਬਰ (ਚਰਨਜੀਤ ਸਿੰਘ) : ਜੈਕਾਰਿਆਂ ਦੀ ਗੂੰਜ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਰਬ-ਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਕਾਲੀ ਦਲ ਦੇ 468 ਡੈਲੀਗੇਟਾਂ ਨੇ ਇਸ ਵਕਾਰੀ ਅਹੁਦੇ ਲਈ ਸ. ਬਾਦਲ ਦੇ ਨਾਮ ਨੂੰ ਪ੍ਰਵਾਨਗੀ ਦਿਤੀ।
ਡੈਲੀਗੇਟ ਇਜਲਾਸ ਵਿਚ ਦੂਜੀ ਵਾਰ ਸਰਬ-ਸੰਮਤੀ ਨਾਲ ਸ. ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਅਤੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਪਾਰਟੀ ਦਾ ਸਰਪ੍ਰਸਤ ਚੁਣਿਆ ਗਿਆ। ਪਾਰਟੀ ਦੀ ਪ੍ਰਧਾਨਗੀ ਲਈ ਸ. ਸੁਖਬੀਰ ਸਿੰਘ ਬਾਦਲ ਦਾ ਨਾਮ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਪੇਸ਼ ਕੀਤਾ ਜਿਸ ਦੀ ਤਾਈਦ ਪਾਰਟੀ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਨੇ ਕੀਤੀ। ਇਸੇ ਤਰ੍ਹਾਂ ਪਾਰਟੀ ਅਤੇ ਪੰਜਾਬ ਲਈ ਲਗਾਤਾਰ ਜੂਝ ਰਹੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਪਾਰਟੀ ਦਾ ਸਰਪ੍ਰਸਤ ਬਣਾਉਣ ਲਈ ਨਾਮ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਭੂੰਦੜ ਨੇ ਪੇਸ਼ ਕੀਤਾ ਜਿਸ ਨੂੰ ਇਜਲਾਸ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕਰ ਲਿਆ।
ਪਾਰਟੀ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਅਤੇ ਪਾਰਟੀ ਦੇ ਸਰਪ੍ਰਸਤ ਦਾ ਐਲਾਨ ਜਿਵੇਂ ਹੀ ਸਟੇਜ ਤੋਂ ਕੀਤਾ ਤਾਂ ਸਾਰਾ ਹਾਲ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜ ਉਠਿਆ।  ਇਸ ਮੌਕੇ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਦੇਸ਼  ਦੀ ਮੌਜੂਦਾ ਆਰਥਕ ਸਥਿਤੀ ਨੂੰ ਮੁੱਖ ਰਖਦੇ ਹੋਏ ਹਕੀਕੀ ਰੂਪ ਵਿਚ ਦੇਸ਼ ਅੰਦਰ ਸੰਘੀ ਢਾਂਚਾ ਲਾਗੂ ਕਰਨ ਦੀ ਪੁਰਜ਼ੋਰ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ  ਜੇ ਦੇਸ਼ ਨੂੰ ਤਾਕਤਵਰ ਬਣਾਉਣਾ ਹੈ ਤਾਂ ਇਸ ਲਈ ਰਾਜਾਂ ਦਾ ਸ਼ਕਤੀਸ਼ਾਲੀ ਹੋਣਾ ਬੇਹੱਦ ਜ਼ਰੂਰੀ ਹੈ।
ਡੈਲੀਗੇਟ ਇਜਲਾਸ ਵਿਚ ਵੱਖ-ਵੱਖ ਆਗੂਆਂ ਵਲੋਂ ਪੇਸ਼ ਕੀਤੇ ਤੇ ਪਾਸ ਮਤਿਆਂ ਵਿਚ ਕਿਹਾ ਗਿਆ ਕਿ ਦੇਸ਼ ਦੀ ਖ਼ੁਸ਼ਹਾਲੀ, ਤਰੱਕੀ ਅਤੇ ਵਾਧੇ ਦੀ ਇਕੋ-ਇਕ ਕੂੰਜੀ ਦੇਸ਼ ਵਿਚ ਸੰਘੀ ਢਾਂਚੇ ਨੂੰ ਅਮਲ ਵਿਚ ਲਿਆਉਣਾ ਹੈ। ਇਸ ਦੇ ਨਾਲ-ਨਾਲ ਪਾਰਟੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿਤੀ ਕਿ ਪੰਜਾਬ ਦੀਆਂ ਹੱਕੀ ਮੰਗਾਂ ਜਿਨ੍ਹਾਂ ਵਿਚ ਚੰਡੀਗੜ੍ਹ ਪੰਜਾਬ ਨੂੰ ਦੇਣ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿਚ ਸ਼ਾਮਲ ਕਰਨ, ਦਰਿਆਈ ਪਾਣੀਆਂ ਦਾ ਮਸਲਾ ਰਾਇਪੇਅਰੀਅਨ ਕਾਨੂੰਨ ਮੁਤਾਬਕ ਨਿਬੇੜਨਾ ਸ਼ਾਮਲ ਹੈ, ਦਾ ਤਰੁਤ ਹੱਲ ਕੀਤਾ ਜਾਵੇ। ਪਾਰਟੀ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਦ ਤਕ ਪੰਜਾਬ ਦੀਆਂ ਹੱਕੀ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤਕ ਅਕਾਲੀ ਦਲ ਇਨ੍ਹਾਂ ਲਈ ਸੰਘਰਸ਼ ਕਰਦਾ ਰਹੇਗਾ।
ਇਕ ਮਤੇ ਰਾਹੀਂ ਅਕਾਲੀ ਦਲ ਨੇ ਕੇਂਦਰ ਦੀਆਂ ਗ਼ਰੀਬ ਮਾਰੂ ਨੀਤੀਆਂ ਨੂੰ ਦੇਸ਼ ਦੇ ਮੌਜੂਦਾ ਆਰਥਕ ਸੰਕਟ ਲਈ ਜ਼ਿੰਮੇਵਾਰ ਐਲਾਨਿਆ। ਪਾਰਟੀ ਨੇ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਤੋਂ ਤਰੁਤ ਅਸਤੀਫ਼ੇ ਦੀ ਮੰਗ ਕੀਤੀ ਤਾਕਿ ਮੁੜ ਫ਼ਤਵਾ ਦੇ ਕੇ ਲੋਕ ਨਵੇਂ ਸਿਰਿਉਂ ਅਜਿਹੀ ਸਰਕਾਰ ਚੁਣ ਸਕਣ ਜੋ ਦੇਸ਼ ਨੂੰ ਆਰਥਕ ਸੰਕਟ ਵਿਚੋਂ ਕੱਢ ਸਕੇ। ਸ਼੍ਰੋਮਣੀ ਅਕਾਲੀ ਦਲ ਨੇ 1984 ਦੇ ਸਿੱਖ ਕਤਲੇਆਮ ਦਾ ਨਿਆਂ ਹੁਣ ਤਕ  ਨਾ ਮਿਲਣ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੀੜਤ ਪ੍ਰਵਾਰਾਂ ਨੂੰ ਤੁਰਤ ਨਿਆਂ ਦਿਤਾ ਜਾਵੇ। ਬੀਬੀ ਜਗੀਰ ਕੌਰ ਨੇ ਇਹ ਮਤਾ ਪੇਸ਼ ਕਰਦੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਨੂੰ ਨਿਆਂ ਤਾਂ ਕੀ ਦੇਣਾ ਸੀ, ਬਲਕਿ ਦੋਸ਼ੀ ਕਾਂਗਰਸ ਦੀ ਛਤਰ ਛਾਇਆ ਹੇਠ ਸੱਤਾ ਦਾ ਅਨੰਦ ਮਾਣ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਸਿੱਖਾਂ ਦੇ ਹਰੇ ਜ਼ਖ਼ਮਾਂ ‘ਤੇ ਮੱਲ੍ਹਮ ਲਗਾਈ ਜਾਵੇ।
ਅਕਾਲੀ ਦਲ ਨੇ ਸਿੱਖਾਂ ਦੀ ਧਾਰਮਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਲਈ ਕੇਂਦਰ ਦੀ ਕਾਂਗਰਸ ਸਰਕਾਰ ਵਲੋਂ ਕੀਤੀ ਜਾ ਰਹੀ ਸਾਜ਼ਸ਼ ਦੀ ਨਿੰਦਾ ਕੀਤੀ। ਇਜਲਾਸ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਹਰਿਆਣਾ ਵਿਚ ਵਖਰੀ ਗੁਰਦੁਆਰਾ ਕਮੇਟੀ ਬਣਾ ਕੇ ਸਿੱਖ ਧਰਮ ਵਿਚ ਸਿੱਧੀ ਦਖ਼ਲ-ਅੰਦਾਜ਼ੀ ਕਰ ਰਹੀ ਹੈ ਜਿਸ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਜਲਾਸ ਨੇ ਵਿਦੇਸ਼ਾਂ ਵਿਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਕੇਂਦਰ ਦੀ ਸਰਕਾਰ ਸਿੱਖ ਕੌਮ ‘ਤੇ ਹੋ ਰਹੇ ਇਨ੍ਹਾਂ ਹਮਲਿਆਂ ‘ਤੇ ਸਪੱਸ਼ਟ ਸਟੈਂਡ ਲੈਣ ਤੋਂ ਵੀ ਅਸਫ਼ਲ ਰਹੀ ਹੈ।
ਪਾਰਟੀ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਨੇ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਸਮੂਹ ਪੰਜਾਬੀਆਂ ਦੇ ਧਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਪਾਰਟੀ ਇਸ ਜਿੱਤ ਦਾ ਸਿਹਰਾ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਦਿੰਦੀ ਹੈ। ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਲੋਕ ਨੇਤਾ ਦਸਦੇ ਹੋਏ ਸਰਕਾਰ ਵਲੋਂ ਆਮ ਲੋਕਾਂ ਦੇ ਭਲੇ ਲਈ ਉਨ੍ਹਾਂ ਦੀ ਅਗਵਾਈ ਵਿਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ. ਬਾਦਲ ਦੀ ਬਦੌਲਤ ਹੀ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਸਦਭਾਵਨਾ ਦਾ ਉਸਾਰੂ ਮਾਹੌਲ ਉਸਰ ਸਕਿਆ ਹੈ।
ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਗ਼ਰੀਬ ਮਾਰੂ ਨੀਤੀਆਂ ਅਤੇ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀ ਨਿੰਦਾ ਕੀਤੀ। ਇਸ ਦੇ ਨਾਲ ਕੇਂਦਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਵੀ ਨਿੰਦਾ ਕੀਤੀ ਗਈ। ਪਾਰਟੀ ਨੇ ਸਪੱਸ਼ਟ ਕੀਤਾ ਕਿ ਕੇਂਦਰ ਪੰਜਾਬ ਦੇ ਗੁਆਂਢੀ ਰਾਜਾਂ ਨੂੰ ਸਨਅਤੀ ਖੇਤਰ ਵਿਚ ਤਰਜੀਹਾਂ ਦੇ ਕੇ ਪੰਜਾਬ ਨਾਲ ਸਿੱਧਾ ਆਰਥਕ ਵਿਤਕਰਾ ਕਰ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀ ਕਿਰਸਾਨੀ ਨੂੰ ਤਬਾਹ ਕਰਨ ਲਈ ਖੇਤੀ ਲਾਗਤ ਵਿਚ ਅਥਾਹ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਕਿਸਾਨ ਦਾ ਜਿਉਣਾ ਔਖਾ ਹੋ ਗਿਆ ਹੈ। ਕੇਂਦਰ ਵਲੋਂ ਕੁਦਰਤੀ ਕਰੋਪੀ ਲਈ ਕਿਸਾਨਾਂ ਨੂੰ ਦਿਤੇ ਜਾਂਦੇ 3600 ਰੁਪਏ ਪ੍ਰਤੀ ਏਕੜ ਦੇ ਮੁਆਵਜ਼ੇ ਨੂੰ ਰੱਦ ਕਰਦੇ ਹੋਏ ਇਹ ਮੁਆਵਾਜ਼ਾ ਰਾਸ਼ੀ 30 ਰੁਪਏ ਪ੍ਰਤੀ ਏਕੜ ਕਰਨ ਦੀ ਮੰਗ ਵੀ ਇਜਲਾਸ ਵਲੋਂ ਕੀਤੀ ਗਈ।
ਪੰਜਾਬ ਦੀ ਕਿਰਸਾਨੀ ਨੂੰ ਲੀਹ ‘ਤੇ ਲਿਆਉਣ ਲਈ ਪੰਜਾਬ ਵਿਚ ਖੇਤੀ ਵਿਭਿੰਨਤਾ ਨੂੰ ਲਾਗੂ ਕਰਨ ਲਈ ਵੀ 10 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ਼ ਦੀ ਮੰਗ ਇਜਲਾਸ ਵਿਚ ਕੇਂਦਰ ਸਰਕਾਰ ਤੋਂ ਕੀਤੀ ਗਈ। ਕੇਂਦਰ ਸਰਕਾਰ ਵਲੋਂ ਦਲਿਤ

ਬਰਾਦਰੀਆਂ ਨਾਲ ਕੀਤੀ ਜਾਂਦੇ ਵਿਤਕਰੇ ਦੀ ਨਿੰਦਾ ਕਰਦੇ ਇਜਲਾਸ ਨੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਆਰਥਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਕਲਿਆਣਕਾਰੀ ਸਕੀਮਾਂ ਦੀ ਸਿਫ਼ਤ ਵੀ ਕੀਤੀ।
ਅਕਾਲੀ ਦਲ ਨੇ 2007 ਤੋਂ ਪਾਰਟੀ ਵਲੋਂ ਹਰ ਖੇਤਰ ਵਿਚ ਪ੍ਰਾਪਤ ਕੀਤੀਆਂ ਜਿੱਤਾਂ ਦਾ ਸਿਹਰਾ ਪਾਰਟੀ ਦੇ ਸਰਪ੍ਰਸਤ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਸਿਰ ਬੰਨ੍ਹਦੇ ਹੋਏ ਪੰਜਾਬ ਦੇ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਲਈ ਲਾਗੂ ਕੀਤੇ ਗਏ ਫ਼ੈਸਲਿਆਂ ਦੀ ਪ੍ਰਸ਼ੰਸਾ ਕੀਤੀ।
ਪਾਰਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਪਹਿਲਾਂ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ, ਜ਼ਿਮਨੀ ਚੋਣਾਂ ਅਤੇ ਦਿਲੀ ਚੋਣਾਂ ਵਿਚ ਪ੍ਰਾਪਤ ਕੀਤੀਆਂ ਜਿੱਤਾਂ ਦਾ ਸਿਹਰਾ ਪਾਰਟੀ ਵਰਕਰਾਂ ਸਿਰ ਬੰਨ੍ਹਦੇ ਕਿਹਾ ਕਿ ਇਹ ਸਾਰਾ ਕੁੱਝ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਚਲਾਉਣ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਦਿਤੇ ਦਿਸ਼ਾ ਨਿਰਦੇਸ਼ ਹੀ ਉਨ੍ਹਾਂ ਲਈ ਸਹੀ ਮਾਰਗ ਦਰਸ਼ਕ ਸਾਬਤ ਹੋਏ। ਪਾਰਟੀ ਪ੍ਰਧਾਨ ਚੁਣੇ ਜਾਣ ਮਗਰੋਂ ਸ. ਬਾਦਲ ਨੇ ਸਾਰੇ ਡੈਲੀਗੇਟ ਅਤੇ ਪਾਰਟੀ ਲੀਡਰਸ਼ਿਪ ਦਾ ਧਨਵਾਦ ਕਰਦੇ ਹੋਏ ਐਲਾਨ ਕੀਤਾ ਕਿ ਅਕਾਲੀ ਦਲ ਦਿੱਲੀ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ ਅਤੇ ਉਤਰ ਪ੍ਰਦੇਸ਼ ਵਰਗੇ ਰਾਜ ਜਿਥੇ ਪੰਜਾਬੀ ਰਹਿ ਰਹੇ ਹਨ, ਵਿਖੇ ਚੋਣ ਮੈਦਾਨ ਵਿਚ ਨਿਤਰੇਗੀ।
ਉਨ੍ਹਾਂ ਕਿਹਾ ਕਿ ਨਿਕਟ ਭਵਿਖ ਵਿਚ ਰਾਜ ਦੇ ਆਰਥਕ ਅਤੇ ਰਾਜਨੀਤਕ ਖੇਤਰ ਵਿਚ ਤਹਾਨੂੰ ਉਸਾਰੂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜ਼ਿਲ੍ਹਾ ਪੱਧਰ ‘ਤੇ ਪਾਰਟੀ ਦੇ ਦਫ਼ਤਰ ਉਸਾਰੇ ਜਾਣਗੇ ਜਿਥੇ ਵਰਕਰਾਂ ਦੀਆਂ ਮਹੀਨਾਵਾਰ ਮੀਟਿੰਗਾਂ ਹੋਇਆ ਕਰਨਗੀਆਂ। ਇਜਲਾਸ ਉਪਰੰਤ ਪੱਤਰਕਾਰਾਂ ਵਲੋਂ ਪੈਸੇ ਦੀ ਕਮੀ ਬਾਰੇ ਕੀਤੇ ਜਾ ਰਹੇ ਸਵਾਲ ਦਾ ਉਤਰ ਦਿੰਦੇ ਸ. ਸਖਬੀਰ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਖ਼ਜ਼ਾਨੇ ਦੀ ਕਮੀ ਨਹੀਂ। ਉਨ੍ਹਾਂ ਦਸਿਆ ਕਿ ਪੰਜਾਬ ਨੇ ਕੁਲ ਘਰੇਲੂ ਉਤਪਾਦ ਅਤੇ ਕਰਜ਼ਾ ਦੇ ਅਨੁਪਾਤ ਦੀ ਦਰ 47 ਫ਼ੀ ਸਦੀ ਤੋਂ ਘੱਟ ਕਰ ਕੇ 30 ਫ਼ੀ ਸਦੀ ਲਿਆਂਦੀ ਹੈ ਜਦਕਿ ਕੇਂਦਰ ਦੀ ਇਹ ਦਰ 60 ਦਾ ਅੰਕੜਾ ਵੀ ਪਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਨਾਲ ਲਗਾਤਾਰ ਵਿਤਕਰਾ ਜਾਰੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ‘ਤੇ ਵਰਦਿਆਂ ਸ. ਬਾਦਲ ਨੇ ਕਿਹਾ ਕਿ ਬਾਜਵਾ, ਕੈਪਟਨ ਅਮਰਿੰਦਰ ਸਿੰਘ ਤੋਂ ਵੀ ਵੱਡਾ ਗੱਪੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਝੂਠ ਬੋਲ ਕੇ ਸਰਕਾਰ ਵਿਰੁਧ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਪਹਿਲਾਂ ਇਹ ਕਹਿ ਕੇ ਪੰਜਾਬ ਵਾਸੀਆਂ ਨੂੰ ਗੁਮਰਾਹ ਕਰਦਾ ਰਿਹਾ ਕਿ ਕਾਂਗਰਸੀ ਵਰਕਰਾਂ ਵਿਰੁਧ ਪਰਚੇ ਦਰਜ ਹੋਰ ਰਹੇ ਹਨ। ਇਜਲਾਸ ਵਿਚ ਪਾਰਟੀ ਦੇ ਡੈਲੀਗੇਟ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਅਵਤਾਰ ਸਿੰਘ  ਮੱਕੜ, ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਸੰਸਦੀ ਸਕਤੱਰ ਸ. ਇੰਦਰਬੀਰ ਸਿੰਘ ਬੁਲਾਰੀਆ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ, ਕਮੇਟੀ ਦੇ  ਜਰਨਲ ਸਕੱਤਰ ਸ. ਸੁਖਦੇਵ ਸਿੰਘ ਭੌਰ , ਬੀਬੀ ਜਾਗੀਰ ਕੌਰ, ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਦਲਜੀਤ  ਸਿੰਘ ਚੀਮਾ,   ਕਮੇਟੀ ਮੈਂਬਰ ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਦਿੱਲੀ ਕਮੇਟੀ ਪ੍ਰਧਾਨ ਸ ਮਨਜੀਤ ਸਿੰਘ ਜੀ ਕੇ, ਜਰਨਲ ਸਕਤੱਰ ਮਨਜਿੰਦਰ ਸਿੰਘ ਸਿਰਸਾ, ਅਵਤਾਰ ਸਿੰਘ ਹਿਤ, ਕੁਲਦੀਪ ਸਿਘ ਭੋਗਲ, ਹਰਮੀਤ ਸਿੰਘ ਕਾਲਕਾ, ਰਵਿੰਦਰ ਸਿੰਘ ਖੁਰਾਨਾ, ਉਕਾਰ ਸਿੰਘ ਥਾਪਰ, ਜਸਪ੍ਰੀਤ ਸਿੰਘ ਮਾਨ, ਸੁਰਿੰਦਰ ਸਿੰਘ, ਬੀਬੀ ਉਪਿੰਦਰਜੀਤ ਕੌਰ, ਬੀਬੀ ਸਤਵੰਤ ਕੌਰ ਸੰਧੂ, ਸੁੱਚਾ ਸਿੰਘ ਲਗਾਹ, ਸੇਵਾ ਸਿੰਘ ਸੇਖਵਾਂ,  ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ, ਇਸਤਰੀ ਅਕਾਲੀ ਜਥਾ ਦੀ ਬੀਬੀ ਵਜਿੰਦਰ ਕੌਰ, ਵਪਾਰ ਵਿੰਗ ਪੰਜਾਬ ਦੇ ਜਰਨਲ ਸਕੱਤਰ ਸ੍ਰ ਉਕਾਰ ਸਿੰਘ ਛਾਬੜਾ, ਸ਼ਹਿਰੀ ਵਿੰਗ ਦੇ ਪ੍ਰਧਾਨ ਸ੍ਰ ਰਾਜਿੰਦਰ ਸਿੰਘ ਮਰਵਾਹਾ, ਅਮਰਜੀਤ ਸਿੰਘ ਸੋਹਲ, ਕੌਸਲਰ ਅਮਰਬੀਰ ਸਿੰਘ ਢੋਟ,    ਲੈ ਕੇ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ। Source Roazana Spokesman